ਬਠਿੰਡਾ , 18 ਨਵੰਬਰ : (ਚੜ੍ਹਦੀਕਲਾ ਆਜ਼ਾਦ ਬਿਉਰੋ)ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੜ੍ਹੇ-ਲਿਖੇ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਅਤੇ ਸਵੈ-ਰੋਜ਼ਗਾਰ ਲਈ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਬਠਿੰਡਾ ਸ਼੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ। ਇਸ ਦੌਰਾਨ ਉਹਨਾਂ ਇਹ ਵੀ ਕਿਹਾ ਕਿ ਨੌਜਵਾਨਾਂ ਨੂੰ ਸਹੀ ਦਿਸ਼ਾ ਦੇ ਕੇ ਉਨ੍ਹਾਂ ਦਾ ਭਵਿੱਖ ਸੰਵਾਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ।ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ-ਕਮ-ਸੀ.ਓ.ਈ. ਮੈਡਮ ਕੰਚਨ ਨੇ ਦੱਸਿਆ ਕਿ ਇਸੇ ਕੜੀ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਠਿੰਡਾ ਵੱਲੋਂ ਤਲਵੰਡੀ ਸਾਬੋ ਬਲਾਕ ਦੇ ਸਰਕਾਰੀ ਹਾਈ ਸਕੂਲ ਗਾਟਵਾਲੀ, ਸਰਕਾਰੀ ਹਾਈ ਸਕੂਲ ਜੱਜਲ ਅਤੇ ਸਰਕਾਰੀ ਹਾਈ ਸਕੂਲ ਮਲਕਾਣਾ ਵਿਚ ਕਰੀਅਰ ਕੌਂਸਲਿੰਗ ਸਬੰਧੀ ਸੈਮੀਨਾਰ ਆਯੋਜਿਤ ਕੀਤੇ ਗਏ।ਇਸ ਸੈਮੀਨਾਰ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹਪੂਰਣ ਭਾਗ ਲਿਆ। ਕਰੀਅਰ ਕੌਂਸਲਰ ਸ਼੍ਰੀ ਵਿਸ਼ਾਲ ਚਾਵਲਾ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਕਰੀਅਰ ਕੌਂਸਲਿੰਗ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਕਰੀਅਰ ਗੋਲ, ਕਰੀਅਰ ਪਲਾਨ ਤਿਆਰ ਕਰਨ, ਕਰੀਅਰ ਦੀ ਯੋਜਨਾ ਬਣਾਉਣ ਅਤੇ ਸੁਚੱਜੇ ਖੇਤਰ ਦੀ ਚੋਣ ਸਬੰਧੀ ਮੁੱਖ ਦਿਸ਼ਾ-ਨਿਰਦੇਸ਼ ਪ੍ਰਦਾਨ ਕੀਤੇ।ਸੈਮੀਨਾਰ ਦੌਰਾਨ ਸਕੂਲ ਦੇ ਪ੍ਰਿੰਸੀਪਲ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਕਰੀਅਰ ਕੌਂਸਲਰ ਦੁਆਰਾ ਦਿੱਤੀ ਗਾਈਡੈਂਸ ਵਿਦਿਆਰਥੀਆਂ ਲਈ ਬਹੁਤ ਲਾਭਦਾਇਕ ਹੈ ਅਤੇ ਇਸ ਦਾ ਵੱਧ ਤੋਂ ਵੱਧ ਲਾਭ ਲੈ ਕੇ ਵਿਦਿਆਰਥੀ ਆਪਣੇ ਭਵਿੱਖ ਨੂੰ ਮਜ਼ਬੂਤ ਬਣਾਉਣ।
ਤਸਵੀਰ :- ਸੈਮੀਨਾਰ ਦੌਰਾਨ ਸਕੂਲ ਦੇ ਪ੍ਰਿੰਸੀਪਲ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕਰਦੇ ਹੋਏ।


