ਮਾਈ ਭਾਗੋ ਸੰਸਥਾ ਰੱਲਾ ਵੱਲੋਂ ਤਿੰਨ ਰੋਜ਼ਾ ਵਿੱਦਿਅਕ ਟੂਰ ਦਾ ਆਯੋਜਨ।

ਮਾਈ ਭਾਗੋ ਸੰਸਥਾ ਰੱਲਾ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵੱਖ-ਵੱਖ ਸਹਿ-ਵਿੱਦਿਅਕ ਗਤੀਵਿਧੀਆਂ ਅਤੇ ਸਿੱਖਿਆਤਮਕ ਪ੍ਰੋਗਰਾਮਾਂ ਦੇ ਆਯੋਜਨ ਲਈ ਜਾਣੀ ਜਾਂਦੀ ਹੈ। ਇਸੇ ਲੜੀ ਤਹਿਤ ਬੀਤੇ ਦਿਨੀਂ ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਦੀ ਯੋਗ ਰਹਿਨੁਮਾਈ ਹੇਠ ਮਾਈ ਭਾਗੋ ਡਿਗਰੀ ਅਤੇ ਐਜੂਕੇਸ਼ਨ ਕਾਲਜ ਦੇ ਵਿਦਿਆਰਥੀਆਂ ਲਈ ਜੈਪੁਰ ਅਤੇ ਆਗਰਾ ਵਿਖੇ ਤਿੰਨ ਰੋਜ਼ਾ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ।
ਇਸ ਟੂਰ ਦੌਰਾਨ ਵਿਦਿਆਰਥੀਆਂ ਨੂੰ ਰਾਜਸਥਾਨ ਦੀ ਇਤਿਹਾਸਕ ਵਿਰਾਸਤ, ਸ਼ਾਨਦਾਰ ਪੁਰਾਤਨ ਇਮਾਰਤਾਂ, ਕਲਾ ਅਤੇ ਸੱਭਿਆਚਾਰ ਨੂੰ ਨੇੜਿਓਂ ਜਾਣਨ ਦਾ ਸੁਨਹਿਰੀ ਮੌਕਾ ਮਿਲਿਆ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਜੈਪੁਰ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ਜਿਵੇਂ ਅਮੇਰ ਕਿਲ੍ਹਾ, ਜਲ ਮਹਿਲ, ਸਿਟੀ ਪੈਲੇਸ, ਜੰਤਰ-ਮੰਤਰ, ਹਵਾ ਮਹਿਲ, ਅਲਬਰਟ ਹਾਲ ਮਿਊਜ਼ੀਅਮ, ਬਿਰਲਾ ਮੰਦਰ ਅਤੇ ਆਗਰਾ ਵਿਖੇ ਤਾਜ਼ ਮਹਿਲ ਦਾ ਦੌਰਾ ਕੀਤਾ। ਇਨ੍ਹਾਂ ਸਥਾਨਾਂ ਦੀ ਇਤਿਹਾਸਕ ਮਹੱਤਤਾ, ਵਿਲੱਖਣ ਕਲਾ ਅਤੇ ਸ਼ਾਨਦਾਰ ਉਸਾਰੀ ਬਾਰੇ ਜਾਣਕਾਰੀ ਹਾਸਲ ਕਰਦਿਆਂ ਵਿਦਿਆਰਥੀਆਂ ਨੇ ਇਸ ਯਾਤਰਾ ਦਾ ਭਰਪੂਰ ਆਨੰਦ ਮਾਣਿਆ।
ਟੂਰ ਦੌਰਾਨ ਅਸਿਸਟੈਂਟ ਪ੍ਰੋਫੈਸਰ ਸ਼ਰਨਜੀਤ ਸਿੰਘ, ਅਸਿਸਟੈਂਟ ਪ੍ਰੋਫੈਸਰ ਧੀਰਾ ਅਸਿਸਟੈਂਟ ਪ੍ਰੋਫੈਸਰ ਪਰਗਟ ਸਿੰਘ, ਅਸਿਸਟੈਂਟ ਪ੍ਰੋਫੈਸਰ ਬੇਅੰਤ ਕੌਰ ਅਤੇ ਅਸਿਸਟੈਂਟ ਪ੍ਰੋਫੈਸਰ ਜਸਪ੍ਰੀਤ ਕੌਰ ਨੇ ਵਿਦਿਆਰਥੀਆਂ ਦੀ ਅਗਵਾਈ ਕੀਤੀ ਅਤੇ ਸਮੁੱਚੇ ਟੂਰ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਅਹਿਮ ਭੂਮਿਕਾ ਨਿਭਾਈ।
ਇਸ ਮੌਕੇ ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਨੇ ਟੂਰ ਦੀ ਸਫ਼ਲਤਾ ਦੀ ਵਧਾਈ ਦਿੰਦਿਆਂ ਕਿਹਾ ਕਿ ਸਿੱਖਿਆ ਦਾ ਮਕਸਦ ਕੇਵਲ ਕਿਤਾਬਾਂ ਤੱਕ ਸੀਮਤ ਰਹਿਣਾ ਨਹੀਂ, ਸਗੋਂ ਵਿਦਿਆਰਥੀਆਂ ਨੂੰ ਪੁਸਤਕੀ ਗਿਆਨ ਦੇ ਨਾਲ-ਨਾਲ ਵਿਹਾਰਕ ਅਤੇ ਜੀਵਨ ਨਾਲ ਜੁੜਿਆ ਗਿਆਨ ਪ੍ਰਦਾਨ ਕਰਨਾ ਵੀ ਹੈ। ਅਜਿਹੇ ਵਿੱਦਿਅਕ ਟੂਰ ਵਿਦਿਆਰਥੀਆਂ ਨੂੰ ਇਤਿਹਾਸਕ ਵਿਰਾਸਤ, ਸਮਾਜਿਕ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿੱਚ ਆਤਮ-ਵਿਸ਼ਵਾਸ, ਆਪਸੀ ਸਹਿਯੋਗ, ਅਨੁਸ਼ਾਸਨ ਅਤੇ ਟੀਮ ਭਾਵਨਾ ਦਾ ਵਿਕਾਸ ਕਰਦੇ ਹਨ। ਉਨ੍ਹਾਂ ਕਿਹਾ ਕਿ ਸੰਸਥਾ ਭਵਿੱਖ ਵਿੱਚ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਗਿਆਨਵਰਧਕ ਅਤੇ ਰੌਚਕ ਪ੍ਰੋਗਰਾਮ ਉਲੀਕਦੀ ਰਹੇਗੀ।
ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਸ੍ਰ. ਕੁਲਦੀਪ ਸਿੰਘ ਖਿਆਲਾ, ਸਕੱਤਰ ਸ੍ਰ. ਮਨਜੀਤ ਸਿੰਘ ਖਿਆਲਾ, ਵਾਈਸ ਚੇਅਰਮੈਨ ਸ੍ਰ. ਪਰਮਜੀਤ ਸਿੰਘ ਬੁਰਜ ਹਰੀ ਅਤੇ ਆਫਿਸ ਐਡਮਿਨਿਸਟ੍ਰੇਟਰ ਮੈਡਮ ਲਵਪ੍ਰੀਤ ਕੌਰ ਨੇ ਵਿਦਿਆਰਥੀਆਂ ਅਤੇ ਸਮੁੱਚੇ ਸਟਾਫ਼ ਨੂੰ ਇਸ ਸਫ਼ਲ ਵਿੱਦਿਅਕ ਟੂਰ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਮਾਈ ਭਾਗੋ ਸੰਸਥਾ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਵਿੱਦਿਅਕ ਟੂਰ ਅਤੇ ਗਤੀਵਿਧੀਆਂ ਦਾ ਆਯੋਜਨ ਲਈ ਵਚਨਬੱਧਤਾ ਪ੍ਰਗਟ ਕੀਤੀ।


